ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ 7 ਲੋਕ ਕਲਿਆਣ ਮਾਰਗ ਵਿਖੇ ਦੇਸ਼ ਭਰ ਤੋਂ ਆਏ ਉੱਘੇ ਸਿੱਖਾਂ ਨੂੰ ਮਿਲੇ। ਵਫ਼ਦ ਨੇ ਪ੍ਰਧਾਨ ਮੰਤਰੀ ਵੱਲੋਂ ਸਿੱਖ ਭਾਈਚਾਰੇ ਦੀ ਭਲਾਈ ਲਈ ਲਗਾਤਾਰ ਕਦਮ ਉਠਾਏ ਜਾਣ ਅਤੇ ਖਾਸ ਕਰਕੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਕੇ ਚਾਰ ਸਾਹਿਬਜ਼ਾਦਿਆਂ ਨੂੰ ਸਨਮਾਨਿਤ ਕਰਨ ਲਈ ਧੰਨਵਾਦ ਕੀਤਾ। ਵਫ਼ਦ ਦੇ ਹਰੇਕ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ‘ਸਿਰੋਪਾਓ’ ਅਤੇ ‘ਸਿਰੀ ਸਾਹਿਬ’ ਦੇ ਕੇ ਸਨਮਾਨਿਤ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਕਈ ਖੇਤਰਾਂ ਵਿੱਚ ਲੋਕ ਚਾਰ ਸਾਹਿਬਜ਼ਾਦਿਆਂ ਦੇ ਯੋਗਦਾਨ ਅਤੇ ਕੁਰਬਾਨੀ ਬਾਰੇ ਨਹੀਂ ਜਾਣਦੇ ਹਨ। ਉਨ੍ਹਾਂ ਯਾਦ ਕੀਤਾ ਕਿ ਜਦੋਂ ਵੀ ਉਨ੍ਹਾਂ ਨੂੰ ਸਕੂਲਾਂ ਵਿੱਚ ਅਤੇ ਬੱਚਿਆਂ ਦੇ ਸਾਹਮਣੇ ਕੁਝ ਕਹਿਣ ਦਾ ਮੌਕਾ ਮਿਲਿਆ ਤਾਂ ਉਹ ਹਮੇਸ਼ਾ ਚਾਰ ਸਾਹਿਬਜ਼ਾਦਿਆਂ ਬਾਰੇ ਗੱਲ ਕਰਦੇ ਸਨ। 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਦੇਸ਼ ਦੇ ਕੋਣੇ-ਕੋਣੇ ਵਿੱਚ ਬੱਚਿਆਂ ਨੂੰ ਇਸ ਬਾਰੇ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ (ਸਿੱਖ ਆਗੂਆਂ) ਲਈ ਉਨ੍ਹਾਂ ਦੇ ਘਰਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਨੇ ਪੰਜਾਬ ’ਚ ਆਪਣੇ ਰਹਿਣ ਦੌਰਾਨ ਉਨ੍ਹਾਂ ਨਾਲ ਆਪਣੇ ਰਿਸ਼ਤਿਆਂ ਅਤੇ ਇਕੱਠਿਆਂ ਬਿਤਾਏ ਸਮੇਂ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੀ ਸੇਵਾ ਭਾਵਨਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਦੁਨੀਆ ਨੂੰ ਇਸ ਬਾਰੇ ਹੋਰ ਜਾਗਰੂਕ ਕਰਨ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਉਨ੍ਹਾਂ ਇਸ ਸਬੰਧ ਵਿੱਚ ਸਰਕਾਰ ਦੁਆਰਾ ਉਠਾਏ ਗਏ ਵੱਖ-ਵੱਖ ਕਦਮਾਂ ਬਾਰੇ ਵਿਸਤਾਰ ਵਿੱਚ ਦੱਸਿਆ। ਉਨ੍ਹਾਂ ਅਫ਼ਗ਼ਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੂਰੇ ਸਤਿਕਾਰ ਨਾਲ ਵਾਪਸ ਲਿਆਉਣ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕੂਟਨੀਤਕ ਪੱਧਰ 'ਤੇ ਸਰਕਾਰ ਦੁਆਰਾ ਉਠਾਏ ਗਏ ਵੱਖ-ਵੱਖ ਕਦਮਾਂ ਬਾਰੇ ਵੀ ਦੱਸਿਆ।
ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ‘ਵੀਰ ਬਾਲ ਦਿਵਸ’ ਮਨਾਉਣ ਦਾ ਫ਼ੈਸਲਾ ਦੇਸ਼ ਭਰ ਦੇ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਏਗਾ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਮੁੜ ਖੋਲ੍ਹਣ ਅਤੇ ਲੰਗਰ 'ਤੇ ਜੀਐੱਸਟੀ ਹਟਾਉਣ ਵਰਗੇ ਕਦਮ ਉਠਾਉਣ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖ ਭਾਈਚਾਰੇ ਦੇ ਹਿਤਾਂ ਲਈ ਉਠਾਏ ਗਏ ਵੱਖ-ਵੱਖ ਕਦਮਾਂ ਤੋਂ ਪਤਾ ਲਗਦਾ ਹੈ ਕਿ ਉਹ ਦਿਲੋਂ ਸਿੱਖ ਹਨ। ਰਾਸ਼ਟਰੀ ਘੱਟ–ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ਼੍ਰੀ ਤਰਲੋਚਨ ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਦੇਸ਼ ਦੀ ਵੰਡ ਦੌਰਾਨ ਵੱਡੀ ਗਿਣਤੀ ’ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਪ੍ਰਵਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।