ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਾਂ ਦੇ ਰਾਜਪਾਲਾਂ, ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੈਫਟੀਨੇਟ ਗਵਰਨਰਾਂ ਦੀ ਇੱਕ ਵੀਡੀਓ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਭਾਰਤ ਦੀ ਜੀ20 ਦੇਸ਼ਾਂ ਦੀ ਪ੍ਰਧਾਨਗੀ ਨਾਲ ਸਬੰਧਿਤ ਪੱਖਾਂ 'ਤੇ ਚਰਚਾ ਕੀਤੀ ਗਈ।
ਪ੍ਰਧਾਨ ਮੰਤਰੀ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਭਾਰਤ ਦੀ ਜੀ20 ਦੀ ਪ੍ਰਧਾਨਗੀ ਪੂਰੇ ਦੇਸ਼ ਨਾਲ ਸਬੰਧਿਤ ਹੈ ਅਤੇ ਇਹ ਦੇਸ਼ ਦੀਆਂ ਸ਼ਕਤੀਆਂ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਵਿਲੱਖਣ ਮੌਕਾ ਹੈ।
ਪ੍ਰਧਾਨ ਮੰਤਰੀ ਨੇ ਟੀਮ ਵਰਕ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਜੀ20 ਸਮਾਗਮਾਂ ਦੇ ਸੰਗਠਨ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਨੇ ਇਸ਼ਾਰਾ ਕੀਤਾ ਕਿ ਜੀ20 ਦੀ ਪ੍ਰਧਾਨਗੀ ਭਾਰਤ ਦੇ ਕੁਝ ਹਿੱਸਿਆਂ ਨੂੰ ਰਵਾਇਤੀ ਵੱਡੇ ਮਹਾਨਗਰਾਂ ਤੋਂ ਅਗਾਂਹ ਦਿਖਾਉਣ ਵਿੱਚ ਮਦਦ ਕਰੇਗੀ, ਇਸ ਤਰ੍ਹਾਂ ਸਾਡੇ ਦੇਸ਼ ਦੇ ਹਰੇਕ ਹਿੱਸੇ ਦੀ ਵਿਲੱਖਣਤਾ ਸਾਹਮਣੇ ਆਵੇਗੀ।
ਭਾਰਤ ਦੀ ਜੀ20 ਦੀ ਪ੍ਰਧਾਨਗੀ ਦੌਰਾਨ ਭਾਰਤ ਆਉਣ ਵਾਲੇ ਸੈਲਾਨੀਆਂ ਦੀ ਵੱਡੀ ਗਿਣਤੀ ਅਤੇ ਅੰਤਰਰਾਸ਼ਟਰੀ ਮੀਡੀਆ ਵੱਲੋਂ ਵੱਖ-ਵੱਖ ਸਮਾਗਮਾਂ 'ਤੇ ਧਿਆਨ ਕੇਂਦ੍ਰਿਤ ਕੀਤੇ ਜਾਣ ਦੀ ਸੰਭਾਵਨਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਇਸ ਮੌਕੇ ਦੀ ਵਰਤੋਂ ਆਪਣੇ ਆਪ ਨੂੰ ਆਕਰਸ਼ਕ ਕਾਰੋਬਾਰ, ਨਿਵੇਸ਼ ਅਤੇ ਟੂਰਿਜ਼ਮ ਸਥਾਨਾਂ ਵਜੋਂ ਮੁੜ ਬ੍ਰਾਂਡ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਇੱਕ ਸਮੁੱਚੀ-ਸਰਕਾਰ ਅਤੇ ਇੱਕ ਸਮੁੱਚੇ-ਸਮਾਜ ਦੀ ਪਹੁੰਚ ਰਾਹੀਂ ਜੀ20 ਸਮਾਗਮਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਨੂੰ ਵੀ ਦੁਹਰਾਇਆ।
ਮੀਟਿੰਗ ਦੌਰਾਨ ਕਈ ਰਾਜਪਾਲਾਂ, ਮੁੱਖ ਮੰਤਰੀਆਂ ਅਤੇ ਲੈਫਟੀਨੇਟ ਗਵਰਨਰਾਂ ਨੇ ਜੀ20 ਮੀਟਿੰਗਾਂ ਦੀ ਮੇਜ਼ਬਾਨੀ ਲਈ ਰਾਜਾਂ ਦੁਆਰਾ ਕੀਤੀਆਂ ਜਾ ਰਹੀਆਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
ਮੀਟਿੰਗ ਨੂੰ ਵਿਦੇਸ਼ ਮੰਤਰੀ ਨੇ ਵੀ ਸੰਬੋਧਨ ਕੀਤਾ, ਅਤੇ ਭਾਰਤ ਦੇ ਜੀ20 ਸ਼ੇਰਪਾ ਦੁਆਰਾ ਇੱਕ ਪੇਸ਼ਕਾਰੀ ਕੀਤੀ ਗਈ।