ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਜੁਲਾਈ, 2022 ਨੂੰ ਸਵੇਰੇ 11:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕੁਦਰਤੀ ਖੇਤੀ ਸੰਮੇਲਨ ਨੂੰ ਸੰਬੋਧਨ ਕਰਨਗੇ।
ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਦੇ ਤਹਿਤ, ਪ੍ਰਧਾਨ ਮੰਤਰੀ ਨੇ ਮਾਰਚ, 2022 ਨੂੰ ਗੁਜਰਾਤ ਪੰਚਾਇਤ ਮਹਾਸੰਮੇਲਨ ਵਿੱਚ ਆਪਣੇ ਸੰਬੋਧਨ ਵਿੱਚ ਹਰੇਕ ਪਿੰਡ ਦੇ ਘੱਟੋ-ਘੱਟ 75 ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਤਰੀਕਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਸੀ। ਪ੍ਰਧਾਨ ਮੰਤਰੀ ਦੇ ਇਸ ਵਿਜ਼ਨ ਤੋਂ ਪ੍ਰੇਰਿਤ ਹੋ ਕੇ, ਸੂਰਤ ਜ਼ਿਲ੍ਹੇ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਵਿੱਚ ਮਦਦ ਕਰਨ ਲਈ ਵੱਖ-ਵੱਖ ਹਿਤਧਾਰਕਾਂ ਅਤੇ ਸੰਸਥਾਵਾਂ ਜਿਵੇਂ ਕਿ ਕਿਸਾਨ ਸਮੂਹਾਂ, ਚੁਣੇ ਹੋਏ ਨੁਮਾਇੰਦਿਆਂ, ਤਲਾਥੀਆਂ, ਖੇਤੀ ਉਤਪਾਦ ਮਾਰਕਿਟਿੰਗ ਸੋਸਾਇਟੀਆਂ (ਏਪੀਐੱਮਸੀ), ਸਹਿਕਾਰੀ ਸੋਸਾਇਟੀਆਂ, ਬੈਂਕਾਂ ਆਦਿ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਪ੍ਰੇਰਿਤ ਕਰਨ ਲਈ ਠੋਸ ਪਹਿਲ ਅਤੇ ਤਾਲਮੇਲ ਵਾਲੇ ਯਤਨ ਕੀਤੇ। ਹਰੇਕ ਗ੍ਰਾਮ ਪੰਚਾਇਤ ਵਿੱਚ ਘੱਟੋ-ਘੱਟ 75 ਕਿਸਾਨਾਂ ਦੀ ਪਹਿਚਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਕੁਦਰਤੀ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਟ੍ਰੇਨਿੰਗ ਦਿੱਤੀ ਗਈ। ਕਿਸਾਨਾਂ ਨੂੰ 90 ਵੱਖ-ਵੱਖ ਗਰੁੱਪਾਂ ਵਿੱਚ ਟ੍ਰੇਨਿੰਗ ਦਿੱਤੀ ਗਈ, ਜਿਸ ਦੇ ਨਤੀਜੇ ਵਜੋਂ ਜ਼ਿਲ੍ਹੇ ਵਿੱਚ 41,000 ਤੋਂ ਵੱਧ ਕਿਸਾਨਾਂ ਨੂੰ ਟ੍ਰੇਨਿੰਗ ਦਿੱਤੀ ਗਈ।
ਇਹ ਸੰਮੇਲਨ ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਹਜ਼ਾਰਾਂ ਅਜਿਹੇ ਕਿਸਾਨ ਅਤੇ ਹਿਤਧਾਰਕ ਸ਼ਾਮਲ ਹੋਣਗੇ, ਜਿਨ੍ਹਾਂ ਨੇ ਸੂਰਤ ਵਿੱਚ ਕੁਦਰਤੀ ਖੇਤੀ ਨੂੰ ਅਪਣਾਇਆ ਅਤੇ ਸਫ਼ਲਤਾ ਹਾਸਲ ਕੀਤੀ। ਸੰਮੇਲਨ 'ਚ ਗੁਜਰਾਤ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ।