ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਯੂਕ੍ਰੇਨ ਦੇ ਰਾਸ਼ਟਰਪਤੀ ਨੇ ਜੀ20 ਦੀ ਭਾਰਤ ਦੀ ਪ੍ਰਧਾਨਗੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਖੁਰਾਕ ਅਤੇ ਊਰਜਾ ਸੁਰੱਖਿਆ ਜਿਹੇ ਮੁੱਦਿਆਂ 'ਤੇ ਵਿਕਾਸਸ਼ੀਲ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਜ਼ਾਹਰ ਕਰਨ ਸਮੇਤ ਭਾਰਤ ਦੀ ਜੀ20 ਪ੍ਰਧਾਨਗੀ ਦੀਆਂ ਮੁੱਖ ਪ੍ਰਾਥਮਿਕਤਾਵਾਂ ਬਾਰੇ ਜਾਣੂ ਕਰਵਾਇਆ।
ਦੋਹਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਮੌਕਿਆਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਯੂਕ੍ਰੇਨ ਦੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਭਾਰਤੀ ਵਿਦਿਆਰਥੀਆਂ ਦੀ ਸਿੱਖਿਆ ਨੂੰ ਜਾਰੀ ਰੱਖਣ ਲਈ ਪ੍ਰਬੰਧ ਕਰਨ, ਜਿਨ੍ਹਾਂ ਨੂੰ ਇਸ ਸਾਲ ਦੇ ਸ਼ੁਰੂ ਵਿੱਚ ਯੂਕ੍ਰੇਨ ਤੋਂ ਵਾਪਸ ਆਉਣਾ ਪਿਆ ਸੀ।
ਦੋਹਾਂ ਨੇਤਾਵਾਂ ਨੇ ਯੂਕ੍ਰੇਨ 'ਚ ਚਲ ਰਹੇ ਸੰਘਰਸ਼ 'ਤੇ ਵੀ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਦੁਸ਼ਮਣੀ ਨੂੰ ਤੁਰੰਤ ਖ਼ਤਮ ਕਰਨ ਦੇ ਆਪਣੇ ਸੱਦੇ ਨੂੰ ਜ਼ੋਰਦਾਰ ਢੰਗ ਨਾਲ ਦੁਹਰਾਇਆ ਅਤੇ ਕਿਹਾ ਕਿ ਦੋਵਾਂ ਧਿਰਾਂ ਨੂੰ ਆਪਣੇ ਮਤਭੇਦਾਂ ਦਾ ਸਥਾਈ ਹੱਲ ਲੱਭਣ ਲਈ ਗੱਲਬਾਤ ਅਤੇ ਕੂਟਨੀਤੀ ਦੇ ਰਾਹ 'ਤੇ ਪਰਤਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਸੇ ਵੀ ਸ਼ਾਂਤੀ ਰੱਖਿਅਕ ਯਤਨਾਂ ਲਈ ਭਾਰਤ ਦੇ ਸਮਰਥਨ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਭਾਵਿਤ ਨਾਗਰਿਕ ਆਬਾਦੀ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਣ ਲਈ ਭਾਰਤ ਦੀ ਪ੍ਰਤੀਬੱਧਤਾ ਦਾ ਭਰੋਸਾ ਦਿਵਾਇਆ।